ਆਪ ਵਿਧਾਇਕਾਂ ਦਾ ਇਤਿਹਾਸਕ ਕਦਮ, 10 ਲੱਖ ਮਨਰੇਗਾ ਪਰਿਵਾਰਾਂ ਦੀ ਆਵਾਜ਼ ਪਹੁੰਚੇਗੀ ਪੀਐਮ ਮੋਦੀ ਤੱਕ
ਚੰਡੀਗੜ੍ਹ, 30 ਦਸੰਬਰ : ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਇੱਕ ਵਾਰ ਫਿਰ ਸਾਬਤ ਕੀਤਾ ਹੈ ਕਿ ਉਹ ਗਰੀਬਾਂ ਅਤੇ ਮਜ਼ਦੂਰਾਂ ਦੀ ਸੱਚੀ ਹਿਤੈਸ਼ੀ ਹੈ। ਪਾਰਟੀ ਦੇ ਵਿਧਾਇਕਾਂ ਨੇ ਸੂਬੇ ਦੇ 10 ਲੱਖ ਤੋਂ ਵੱਧ ਮਨਰੇਗਾ ਮਜ਼ਦੂਰ ਪਰਿਵਾਰਾਂ ਦੀ ਪੀੜ ਅਤੇ ਮੰਗਾਂ ਨੂੰ ਆਵਾਜ਼ ਦੇਣ ਲਈ ਇੱਕ ਬੇਮਿਸਾਲ ਮੁਹਿੰਮ ਸ਼ੁਰੂ ਕੀਤੀ ਹੈ।ਆਮ ਆਦਮੀ ਪਾਰਟੀ ਦੇ ਵਿਧਾਇਕ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਮਨਰੇਗਾ ਮਜ਼ਦੂਰਾਂ ਵੱਲੋਂ ਲਿਖੇ ਲੱਖਾਂ ਪੱਤਰ ਲੈ ਕੇ ਪਹੁੰਚੇ। ਇਹ ਪੱਤਰ ਉਨ੍ਹਾਂ ਮਿਹਨਤਕਸ਼ ਪਰਿਵਾਰਾਂ ਦੇ ਦਰਦ ਅਤੇ ਸੰਘਰਸ਼ ਦੀ ਦਾਸਤਾਨ ਬਿਆਨ ਕਰਦੇ ਹਨ, ਜੋ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੋਜ਼ਗਾਰ ਗਰੰਟੀ ਯੋਜਨਾ (ਮਨਰੇਗਾ) ਤਹਿਤ ਕੰਮ ਕਰਕੇ ਆਪਣਾ ਗੁਜ਼ਾਰਾ ਚਲਾਉਂਦੇ ਹਨ। ਦੱਸਣਯੋਗ ਹੈ ਕਿ ਮਨਰੇਗਾ ਮਜ਼ਦੂਰ ਵੀ ਅੱਜ ਪੰਜਾਬ ਵਿਧਾਨ ਸਭਾ ਵਿੱਚ ਹਾਜ਼ਰ ਸਨ।ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਨ੍ਹਾਂ ਪੱਤਰਾਂ ਨੂੰ ਸਿਰਫ਼ ਵਿਧਾਨ ਸਭਾ ਵਿੱਚ ਪੇਸ਼ ਕਰਨ ਤੱਕ ਸੀਮਤ ਨਹੀਂ ਰੱਖਿਆ, ਸਗੋਂ ਇਨ੍ਹਾਂ ਨੂੰ ਸਿੱਧੇ ਦੇਸ਼ ਦੇ ਪ੍ਰਧਾਨ ਮੰਤਰੀ ਤੱਕ ਪਹੁੰਚਾਉਣ ਦਾ ਸੰਕਲਪ ਲਿਆ ਹੈ। ...






